ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਜਨਵਰੀ ਤੋਂ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵੀਰਵਾਰ ਨੂੰ ਸਿਹਤ ਵਿਭਾਗ ਦੀ ਮੀਟਿੰਗ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਯੋਜਨਾ ਦੇ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਇਸ ਯੋਜਨਾ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਵਿੱਚ ਪਾਤਰਤਾ ਲਈ ਆਮਦਨ ਦੀ ਕੋਈ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਵਸਨੀਕ ਇਸ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਹੋਣਗੇ। ਇਸ ਕਦਮ ਦਾ ਮੁੱਖ ਉਦੇਸ਼ ਲੋਕਾਂ ’ਤੇ ਇਲਾਜ ਦੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਅਤੇ ਸਾਰਿਆਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ। ਪਹਿਲਾਂ ਇਹ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਹੁਣ ਵਧਾ ਕੇ ਦੁੱਗਣਾ ਯਾਨੀ 10 ਲੱਖ ਰੁਪਏ ਕਰ ਦਿੱਤਾ ਗਿਆ ਹੈ।
ਯੋਜਨਾ ਦੇ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ (Empanelled) ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਸਕੇਗਾ। ਇਸ ਵਿੱਚ ਗੰਭੀਰ ਬਿਮਾਰੀਆਂ, ਸਰਜਰੀ, ਆਈ.ਸੀ.ਯੂ. (ICU) ਕੇਅਰ ਅਤੇ ਜੀਵਨ ਰੱਖਿਅਕ ਇਲਾਜਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲ ਹੋਣ ਤੋਂ ਲੈ ਕੇ, ਟੈਸਟਾਂ, ਦਵਾਈਆਂ ਅਤੇ ਦਾਖਲ ਹੋਣ ਤੋਂ ਪਹਿਲਾਂ ਤੇ ਬਾਅਦ ਦੇ ਖਰਚੇ ਵੀ ਸਰਕਾਰ ਦੁਆਰਾ ਪ੍ਰਵਾਨਿਤ ਪੈਕੇਜ ਦੇ ਤਹਿਤ ਕਵਰ ਕੀਤੇ ਜਾਣਗੇ।